1:1 ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ।ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ। 2 ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ। 3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ। 4 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ। 5 ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਨਿਰਣਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸਨੂੰ ਪ੍ਰਸੰਨ ਕੀਤਾ ਹੈ। 6 ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੁ ਉਸਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸਨੂੰ ਉਹ ਪਿਆਰ ਕਰਦਾ ਹੈ। 7 ਮਸੀਹ ਦੇ ਨਮਿਤ ਸਾਨੂੰ ਉਸਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ। 8 ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ। 9 ਉਸਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ। 10 ਪਰਮੇਸ਼ੁਰ ਦਾ ਇਰਾਦਾ ਢੁਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿਚਲੀਆਂ ਸਾਰੀਆਂ ਚੀਜ਼ਾਂ ਨੂੰ ਇਕਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸਦੇ ਅਧੀਨ ਕਰਨ ਦੀ ਸੀ। 11 ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ। 12 ਅਸੀਂ ਪਹਿਲੇ ਲੋਕ ਹਾਂ ਜਿਨ੍ਹਾਂ ਨੇ ਮਸੀਹ ਵਿੱਚ ਉਮੀਦ ਰਖੀ। ਅਤੇ ਸਾਨੂੰ ਇਸ ਲਈ ਚੁਣਿਆ ਗਿਆ ਸੀ ਤਾਂ ਜੋ ਅਸੀਂ ਪਰਮੇਸ਼ੁਰ ਦੀ ਮਹਿਮਾ ਦੀ ਉਸਤਤਿ ਕਰ ਸਕੀਏ। 13 ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸਨੇ ਵਾਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ। 14 ਇਹ ਪਵਿੱਤਰ ਆਤਮਾ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ। 15 ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ। 16 17 ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸਨੇ ਤੁਹਾਨੂੰ ਜਾਣੂ ਕਰਾਇਆ ਹੈ। 18 ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ। 19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਆਸਥਾਵਾਨਾਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ। 20 ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਉਭਾਰਨ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ। 21 ਪਰਮੇਸ਼ੁਰ ਨੇ ਮਸੀਹ ਨੂੰ, ਸਾਰੇ ਹਾਕਮਾਂ, ਅਧਿਕਾਰਾਂ, ਸ਼ਕਤੀਆਂ ਅਤੇ ਰਾਜਿਆਂ ਨਾਲੋਂ ਵਧੇਰੇ ਮਹੱਤਵਪੂਰਣ ਬਣਾਇਆ। ਮਸੀਹ ਹਰ ਚੀਜ਼ ਨਾਲੋਂ ਵੀ ਵਧੇਰੇ ਸ਼ਕਤੀਸ਼ਾਲੀ ਹੈ ਜੋ ਵੀ ਇਸ ਦੁਨੀਆਂ ਵਿੱਚ ਜਾਂ ਭਵਿਖ ਦੀ ਦੁਨੀਆਂ ਵਿੱਚ ਤਾਕਤ ਰਖਦਾ ਹੈ। 22 ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ। 23 ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।
2:1 ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸਨ। 2 ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜਿਉਂਏ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜਿਉਂਏ ਤੁਸੀਂ ਸੰਸਾਰ ਵਿੱਚ ਬਦੀ ਦਿਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵਗਿਆਕਾਰੀ ਹਨ। 3 ਪਿਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਮ੍ਹਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ। 4 ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ। 5 ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ। 6 ਅਤੇ ਪਰਮੇਸ਼ੁਰ ਨੇ ਸਾਨੂੰ ਮਸੀਹ ਸਮੇਤ ਉੱਪਰ ਉਠਾਇਆ ਅਤੇ ਸਾਨੂੰ ਉਸਦੇ ਨਾਲ ਸਵਰਗੀ ਥਾਵਾਂ ਵਿੱਚ ਬਿਠਾਇਆ। ਪਰਮੇਸ਼ੁਰ ਨੇ ਇਹ ਸਭ ਕੁਝ ਸਾਡੇ ਲਈ ਕੀਤਾ ਜੋ ਮਸੀਹ ਯਿਸੂ ਵਿੱਚ ਹਨ। 7 ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ। 8 ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ। 9 ਨਹੀਂ। ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸਕਦਾ ਕਿ ਉਸਨੇ ਖੁਦ ਨੂੰ ਬਚਾਇਆ। 10 ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ। 11 ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸ਼ਰੀਰਾਂ ਉੱਪਰ ਕਰਦੇ ਹਨ। 12 ਅਤੀਤ ਵਿੱਚ, ਯਾਦ ਰਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ। 13 ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ। 14 ਮਸੀਹ ਦੇ ਕਾਰਣ ਹੁਣ ਸਾਨੂੰ ਸ਼ਾਂਤੀ ਮਿਲੀ ਹੋਈ ਹੈ। ਮਸੀਹ ਨੇ ਸਾਨੂੰ ਦੋਹਾਂ ਨੂੰ ਇੱਕ ਕੌਮ ਵਾਂਗ ਇਕਠਿਆਂ ਕੀਤਾ ਹੈ। ਯਹੂਦੀ ਅਤੇ ਗੈਰ ਯਹੂਦੀ ਇਸ ਤਰ੍ਹਾਂ ਵੰਡੇ ਹੋਏ ਸਨ ਜਿਵੇਂ ਉਨ੍ਹਾਂ ਵਿਚਕਾਰ ਇੱਕ ਕੰਧ ਹੋਵੇ। ਉਹ ਇੱਕ ਦੂਸਰੇ ਨੂੰ ਨਫ਼ਰਤ ਕਰਦੇ ਸਨ। ਪਰ ਮਸੀਹ ਨੇ ਆਪਣਾ ਸ਼ਰੀਰ ਦੇਕੇ ਨਫ਼ਰਤ ਦੀ ਉਸ ਕੰਧ ਨੂੰ ਢਾਹ ਦਿੱਤਾ। 15 ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉਥੇ ਸ਼ਾਂਤੀ ਸਥਾਪਿਤ ਕਰਨਾ ਸੀ। 16 ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸ਼ਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ। 17 ਮਸੀਹ ਆਇਆ ਅਤੇ ਉਸਨੇ ਸ਼ਾਂਤੀ ਦਾ ਪ੍ਰਚਾਰ ਤੁਹਾਡੇ ਸਭਨਾਂ ਵਿੱਚ ਕੀਤਾ ਤੁਸੀਂ ਜੋ ਪਰਮੇਸ਼ੁਰ ਤੋਂ ਦੂਰ ਹੋ ਅਤੇ ਤੁਸੀਂ ਜਿਹੜੇ ਪਰਮੇਸ਼ੁਰ ਦੇ ਨਜ਼ਦੀਕ ਹੋ। 18 ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ। 19 ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ। 20 ਤੁਸੀਂ ਆਸਥਾਵਾਨ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ। 21 ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸਨੂੰ ਵਧਾਕੇ, ਮਸੀਹ ਇਸਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ। 22 ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਿਤ ਕੀਤੇ ਜਾ ਰਹੇ ਹੋ ਜਿਥੇ ਆਤਮੇ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ।
3:1 ਇਉਂ, ਮੈਂ, ਪੌਲੁਸ, ਮਸੀਹ ਯਿਸੂ ਦਾ ਇੱਕ ਕੈਦੀ ਹਾਂ। ਮੈਂ ਤੁਹਾਡੇ ਲੋਕਾਂ ਲਈ, ਜਿਹੜੇ ਯਹੂਦੀ ਨਹੀਂ ਹਨ, ਇੱਕ ਕੈਦੀ ਹਾਂ। 2 ਤੁਹਾਨੂੰ ਨਿਸ਼ਚਿਤ ਹੀ ਪਤਾ ਹੈ ਕਿ ਮੈਨੂੰ ਇਹ ਕੰਮ ਪਰਮੇਸ਼ੁਰ ਦੀ ਕਿਰਪਾ ਦੁਆਰਾ ਦਿੱਤਾ ਗਿਆ ਸੀ। ਪਰਮੇਸ਼ੁਰ ਨੇ ਮੈਨੂੰ ਇਹ ਕੰਮ ਤੁਹਾਡੀ ਸਹਾਇਤਾ ਕਰਨ ਲਈ ਸੌਂਪਿਆ ਸੀ। 3 ਪਰਮੇਸ਼ੁਰ ਨੇ ਆਪਣੀ ਗੁਪਤ ਯੋਜਨਾ ਮੇਰੇ ਤੇ ਪਰਗਟ ਕੀਤੀ। ਉਸਨੇ ਮੈਨੂੰ ਇਹ ਦਰਸਾ ਦਿੱਤਾ। ਇਸ ਬਾਰੇ ਮੈਂ ਪਹਿਲਾਂ ਵੀ ਕੁਝ ਲਿਖ ਚੁਕਿਆ ਹਾਂ। 4 ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪੜ੍ਹੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ। 5 ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮੇ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਂ ਨੂੰ ਪ੍ਰਗਟ ਕੀਤਾ ਹੈ। 6 ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕਠੇ ਇੱਕੋ ਸ਼ਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ। 7 ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ। 8 ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦਿਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ। 9 ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ। 10 ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵਖ-ਵਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸਨੂੰ ਕਲੀਸਿਯਾ ਦੇ ਕਾਰਣ ਜਾਨਣਗੇ। 11 ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ। 12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਮ੍ਹਣੇ ਨਿਰਭੈ ਹੋਕੇ ਆ ਸਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸਕਦੇ ਹਾਂ। 13 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹੜੇ ਦੁਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ। 14 ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ। 15 ਧਰਤੀ ਅਤੇ ਸਵਰਗ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ। 16 ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮੇ ਰਾਹੀਂ ਦੇਵੇਗਾ। 17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ। 18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸਕਣ ਦੀ ਸ਼ਕਤੀ ਰਖੋਂਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ। 19 ਮਸੀਹ ਦਾ ਪਿਆਰ ਕਿਸੇ ਵੀ ਵਿਅਕਤੀ ਦੇ ਗਿਆਨ ਦੀ ਸੰਭਾਵਨਾ ਨਾਲੋਂ ਕਿਤੇ ਸਮਰਥ ਨਾਲੋਂ ਵਡੇਰਾ ਹੈ। ਪਰ ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਸਨੂੰ ਜਾਨਣ ਵਿੱਚ ਸਮਰਥ ਹੋਵੋਂ। ਤਾਂ ਤੁਸੀਂ ਪਰਮੇਸ਼ੁਰ ਦੀ ਭਰਪੂਰਤਾ ਨਾਲ ਭਰੇ ਜਾ ਸਕੋਂਗੇ। 20 ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵਧੇਰੇ ਜ਼ਿਆਦਾ ਕਰ ਸਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸਕਦੇ ਹਾਂ ਜਾਂ ਉਸ ਬਾਰੇ ਸੋਚ ਸਕਦੇ ਹਾਂ। 21 ਪਰਮੇਸ਼ੁਰ ਦੀ ਕਲੀਸਿਯਾ ਵਿੱਚ ਅਤੇ ਯਿਸੂ ਮਸੀਹ ਵਿੱਚ ਸਦਾ ਸਦਾ ਲਈ ਮਹਿਮਾ ਹੋਵੇ। ਆਮੀਨ
4:1 ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਪ੍ਰਭੂ ਨਾਲ ਸੰਬੰਧਿਤ ਹਾਂ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕਾਂ ਵਜੋਂ ਚੁਣਿਆ। ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਵਾਂਗ ਰਹਿਣ ਲਈ ਬੇਨਤੀ ਕਰਦਾ ਹਾਂ। 2 ਹਮੇਸ਼ਾ ਨਿਮ੍ਰ ਅਤੇ ਕੋਮਲ ਬਣੋ ਧੀਰਜ ਰਖੋ ਅਤੇ ਇਕ ਦੂਸਰੇ ਨਾਲ ਪ੍ਰੇਮ ਅਤੇ ਸ਼ਾਂਤੀ ਨਾਲ ਜੁੜੇ ਰਹੋ। 3 ਤੁਸੀਂ ਇੱਕ ਦੂਜੇ ਨਾਲ ਆਤਮਾ ਰਾਹੀਂ ਸ਼ਾਂਤੀ ਨਾਲ ਜੁੜੇ ਹੋਏ ਹੋ। ਇਸ ਢੰਗ ਨਾਲ ਜੁੜੇ ਰਹਿਣ ਲਈ ਹਰ ਸੰਭਵ ਜਤਨ ਕਰੋ। ਕਾਸ਼ ਤੁਸੀਂ ਸ਼ਾਂਤੀ ਦੇ ਬੰਧਨ ਦੁਆਰਾ ਸੰਯੁਕਤ ਰਹੋ। 4 ਇੱਕ ਸ਼ਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ। 5 ਇੱਕ ਪ੍ਰਭੂ ਹੈ, ਇੱਕ ਵਿਸ਼ਵਾਸ ਅਤੇ ਇੱਕ ਹੀ ਬਪਤਿਸਮਾ। 6 ਉਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ। 7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸਨੂੰ ਦੇਣਾ ਚਾਹੁੰਦਾ ਸੀ। 8 ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ:“ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ,ਉਸਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।” 9 ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ। 10 ਇਸ ਲਈ ਮਸੀਹ ਹੀ ਹੈ ਜੋ ਹੇਠਾ ਆਇਆ, ਅਤੇ ਉਹੀ ਹੈ ਜਿਹੜਾ ਉੱਪਰ ਗਿਆ। ਉਹ ਸਾਰੇ ਅਕਾਸ਼ਾਂ ਨਾਲੋਂ ਉੱਪਰ ਗਿਆ। ਮਸੀਹ ਨੇ ਅਜਿਹਾ ਹਰ ਚੀਜ਼ ਨੂੰ ਆਪਣੇ ਨਾਲ ਭਰਪੂਰ ਕਰਨ ਲਈ ਕੀਤਾ। 11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ। 12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸ਼ਰੀਰ ਨੂੰ ਮਜ਼ਬੂਤ ਬਣਾਇਆ ਜਾ ਸਕੇ। 13 ਇਸ ਕਾਰਜ ਨੂੰ ਜਾਰੀ ਰਹਿਣਾ ਚਾਹੀਦਾ ਹੈ, ਜਦੋਂ ਤੱਕ ਅਸੀਂ ਸਾਰੇ ਇੱਕੋ ਜਿਹੇ ਵਿਸ਼ਵਾਸ ਵਿੱਚ ਅਤੇ ਪਰਮੇਸ਼ੁਰ ਦੇ ਪੁੱਤਰ ਬਾਰੇ ਗਿਆਨ ਵਿੱਚ ਇੱਕ ਮੁਠ ਨਹੀਂ ਹੋ ਜਾਂਦੇ। ਸਾਡੇ ਲਈ ਉਦੋਂ ਤੱਕ ਵਧਣਾ ਅਤੇ ਪ੍ਰਪੱਕ ਬਣਨਾ ਜ਼ਰੂਰੀ ਹੈ ਜਦੋਂ ਤੱਕ ਕਿ ਅਸੀਂ ਮਸੀਹ ਵਰਗੇ ਨਾ ਬਣ ਜਾਈਏ ਅਤੇ ਉਸਦੀ ਉਤਕ੍ਰਿਸ਼ਟਤਾ ਹਾਸਲ ਨਾ ਕਰ ਲਈਏ। 14 ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ। 15 ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ। 16 ਸਮੁੱਚਾ ਸ਼ਰੀਰ ਮਸੀਹ ਉੱਪਰ ਨਿਰਭਰ ਹੈ। ਅਤੇ ਸ਼ਰੀਰ ਦੇ ਸਾਰੇ ਅੰਗ ਜੁੜੇ ਹੋਏ ਅਤੇ ਇਕਠੇ ਹਨ। ਸ਼ਰੀਰ ਦਾ ਹਰ ਅੰਗ ਆਪਣਾ ਕੰਮ ਕਰਦਾ ਹੈ। ਅਤੇ ਇਸ ਤਰ੍ਹਾਂ ਸੰਪੂਰਣ ਸ਼ਰੀਰ ਵਧਦਾ ਹੈ ਅਤੇ ਪ੍ਰੇਮ ਵਿੱਚ ਮਜ਼ਬੂਤ ਹੁੰਦਾ ਹੈ। 17 ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਨਾਸਥਾਵਾਨਾਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿਚਾਰ ਕਿਸੇ ਕੰਮ ਦੇ ਨਹੀਂ ਹਨ। 18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ। 19 ਉਨ੍ਹਾਂ ਨੇ ਆਪਣੀ ਸ਼ਰਮਸਾਰੀ ਦੀ ਭਾਵਨਾ ਗੁਆ ਲਈ ਹੈ। ਉਹ ਆਪਣੇ ਜੀਵਨ ਬਦੀ ਕਰਨ ਲਈ ਇਸਤੇਮਾਲ ਕਰਦੇ ਹਨ। ਉਹ ਹਰ ਪ੍ਰਕਾਰ ਦੀਆਂ ਵਧ ਤੋਂ ਵਧ ਬਦਕਾਰੀਆਂ ਕਰਨੀਆਂ ਚਾਹੁੰਦੇ ਹਨ। 20 ਪਰ ਜਿਹੜੀਆਂ ਗੱਲਾਂ ਤੁਸੀਂ ਮਸੀਹ ਵਿੱਚ ਸਿਖੀਆਂ ਹਨ ਉਹ ਉਨ੍ਹਾਂ ਮੰਦੀਆਂ ਗੱਲਾਂ ਵਰਗੀਆਂ ਨਹੀਂ ਹਨ। 21 ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੁ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ। 22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੁ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ। 23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿਖਾਇਆ ਗਿਆ ਹੈ। 24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ। 25 ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ ਕਿਉਂਕਿ ਅਸੀਂ ਇੱਕੋ ਸ਼ਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ। 26 ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰਖੋ। 27 ਸ਼ੈਤਾਨ ਨੂੰ ਕੋਈ ਅਜਿਹਾ ਰਾਹ ਨਾ ਦਿਓ ਜਿਹੜਾ ਤੁਹਾਨੂੰ ਹਰਾ ਸਕੇ। 28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ। 29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ। 30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁਕਵੇਂ ਸਮੇਂ ਅਜ਼ਾਦ ਕਰੇਗਾ। 31 ਸਭ ਕੁੜਤਣ, ਕ੍ਰੋਧ, ਕੋਪ ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਆਪਣੇ ਆਪ ਤੋਂ ਦੂਰ ਕਰ ਦੇਵੋ। 32 ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।
5:1 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ। 2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਦੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ। 3 ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ। 4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਹੀ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਸ਼ੁਕਰਾਨਾ ਦੇਣਾ ਹੀ ਤੁਹਾਡੇ ਲਈ ਸਹੀ ਹੈ। 5 ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵਧ ਤੋਂ ਵਧ ਪ੍ਰਾਪਤ ਕਰਨ ਦੀ ਚਾਹਨਾ ਰਖਦਾ ਮੂਰਤੀ ਉਪਾਸਕ ਹੈ। 6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ। 7 ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ। 8 ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰਖਦੇ ਹਨ। 9 ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ। 10 ਸਿਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ। 11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿਚਲੀਆਂ ਗੱਲਾਂ ਗਲਤ ਹਨ। 12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ। 13 ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤਖ ਬਣਾ ਦਿੰਦੀ ਹੈ। 14 ਅਤੇ ਜਿਹੜੀ ਗੱਲ ਪ੍ਰਤਖ ਹੈ ਰੌਸ਼ਨੀ ਬਣ ਸਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ:“ਜਾਗੋ, ਤੁਸੀਂ ਸੁਤਿਓ ਬਦਿਓ।ਮੌਤ ਤੋਂ ਉਭਰੋ,ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ। 15 ਇਸ ਲਈ ਇਸ ਗੱਲੋਂ ਬਹੁਤ ਸਾਵਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ। 16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ। 17 ਇਸ ਲਈ ਮੂਰਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ। 18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ। 19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ। 20 ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਸ਼ੁਕਰਾਨਾ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਸ਼ੁਕਰਾਨਾ ਕਰੋ। 21 ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੁ ਤੁਸੀਂ ਮਸੀਹ ਦਾ ਆਦਰ ਕਰਦੇ ਹੋ। 22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ। 23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਮਸੀਹ ਸ਼ਰੀਰ ਦਾ ਰਖਿਅਕ ਹੈ। 24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ। 25 ਪਤੀਓ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ। 26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ। 27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸਕੇ ਅਤੇ ਬਦੀ ਤੋਂ ਬਿਨਾ ਹੋ ਸਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ। 28 ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸ਼ਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ। 29 ਕਿਉਂ? ਕਿਉਂਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸ਼ਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸ਼ਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, 30 ਕਿਉਂਕਿ ਅਸੀਂ ਉਸਦੇ ਸ਼ਰੀਰ ਦੇ ਅੰਗ ਹਾਂ। 31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।” 32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ। 33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
6:1 ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ। 2 ਹੁਕਮ ਆਖਦਾ ਹੈ; “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ। 3 ਉਹ ਵਾਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।” 4 ਪਿਤਾਓ, ਆਪਣੇ ਬਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬਚਿਆਂ ਦਾ ਪਾਲਣ ਪੋਸ਼ਣ ਕਰੋ। 5 ਗੁਲਾਮੋ ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ। 6 ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ। 7 ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ। 8 ਯਾਦ ਰਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ। 9 ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸਦੇ ਵਾਸਤੇ ਹਰ ਕੋਈ ਬਰਾਬਰ ਹੈ। 10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ। 11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸਕੋ। 12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ। 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟ ਕੇ ਖਲੋ ਸਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ। 14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ। 15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸਕਦੇ ਹੋ। 16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸਕਦੇ ਹੋ। 17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿਖਿਆ ਹੈ। 18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾਵਾਂ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾਵਾਂ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ। 19 ਮੇਰੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਜਦੋਂ ਮੈਂ ਬੋਲਾਂ ਪਰਮੇਸ਼ੁਰ ਮੈਨੂੰ ਸ਼ਬਦ ਪ੍ਰਦਾਨ ਕਰੇ। ਤਾਂ ਕਿ ਮੈਂ ਬਿਨਾ ਕਿਸੇ ਡਰ ਦੇ ਖੁਸ਼ਖਬਰੀ ਦੇ ਗੁਪਤ ਸੱਚ ਬਾਰੇ ਦੱਸ ਸਕਾਂ। 20 ਮੈਨੂੰ ਉਸ ਖੁਸ਼ਖਬਰੀ ਬਾਰੇ ਬੋਲਣ ਦਾ ਕੰਮ ਸੌਂਪਿਆ ਗਿਆ ਹੈ। ਇਹੀ ਗੱਲ ਮੈਂ ਹੁਣ ਇਥੇ ਇਸ ਕੈਦ ਵਿੱਚ ਕਰ ਰਿਹਾ ਹਾਂ। ਮੇਰੇ ਲਈ ਪ੍ਰਾਰਥਨਾ ਕਰੋ ਕਿ ਮੈਂ ਲੋਕਾਂ ਵਿੱਚ ਇਸ ਖੁਸ਼ਖਬਰੀ ਦਾ ਪ੍ਰਚਾਰ ਬਿਨਾ ਡਰ ਤੋਂ ਕਰ ਸਕਾਂ ਜਿਸ ਢੰਗ ਨਾਲ ਮੈਨੂੰ ਕਰਨਾ ਚਾਹੀਦਾ ਹੈ। 21 ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹੜੀ ਮੇਰੇ ਨਾਲ ਇਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁਖ ਸਾਂਦ ਬਾਰੇ ਪਤਾ ਲਗੇਗਾ ਅਤੇ ਮੈਂ ਕੀ ਕਰ ਰਿਹਾ ਹਾਂ। 22 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁਖਸਾਂਦ ਬਾਰੇ ਜਾਣ ਲਵੋ। ਮੈਂ ਉਸਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ। 23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ। 24 ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁਕਦਾ।